੨੨-੧੨-੨੦੨੫: ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

੨੨-੧੨-੨੦੨੫: ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

Post by : Bandan Preet

Dec. 22, 2025 3:39 p.m. 468

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ -

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰੂਹਾਨੀ - ਅੱਜ ਦਾ ਹੁਕਮਨਾਮਾ अपडेट्स