Amritsar Fire News : ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਚਾਨਕ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

Amritsar Fire News : ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅਚਾਨਕ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

Post by : Jan Punjab Bureau

May 27, 2026 5:14 p.m. 226

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸੰਗਤ ਲਈ ਲਗਾਈਆਂ ਗਈਆਂ ਟੈਂਟ ਦੀਆਂ ਕਨਾਤਾਂ ਨੂੰ ਅਚਾਨਕ ਅੱਗ ਲੱਗ ਗਈ। ਗਰਮੀ ਅਤੇ ਵੱਧ ਰਹੇ ਤਾਪਮਾਨ ਤੋਂ ਬਚਾਅ ਲਈ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਟੈਂਟ ਲਗਾਏ ਗਏ ਸਨ, ਪਰ ਅਚਾਨਕ ਲੱਗੀ ਅੱਗ ਨੇ ਮੌਕੇ ‘ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਬਾਅਦ ਟੈਂਟਾਂ ਵਿੱਚੋਂ ਉੱਚੀਆਂ ਲਪਟਾਂ ਨਿਕਲਣ ਲੱਗ ਪਈਆਂ ਅਤੇ ਕੁਝ ਸਮੇਂ ਲਈ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਲਾਂਕਿ ਮੌਕੇ ‘ਤੇ ਮੌਜੂਦ ਸੇਵਾਦਾਰਾਂ ਅਤੇ ਸੰਗਤ ਨੇ ਤੁਰੰਤ ਸੁਰੱਖਿਆ ਕਦਮ ਚੁੱਕਦਿਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਕਰੀਬ 40 ਤੋਂ 50 ਸੇਵਾਦਾਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਅੱਗ ਨੂੰ ਵੱਡੇ ਪੱਧਰ ‘ਤੇ ਫੈਲਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ। ਇਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੇਵਾਦਾਰਾਂ ਦੀ ਫੁਰਤੀ ਅਤੇ ਸੁਚੇਤਤਾ ਕਾਰਨ ਸਥਿਤੀ ਨੂੰ ਜਲਦੀ ਸੰਭਾਲ ਲਿਆ ਗਿਆ।

ਗੁਰਦਿਆਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਦੀ ਤਕਨੀਕੀ ਖ਼ਰਾਬੀ ਮੰਨੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਗਤ ਅਤੇ ਸੇਵਾਦਾਰ ਸਮੇਂ ਸਿਰ ਅੱਗੇ ਨਾ ਆਉਂਦੇ ਤਾਂ ਇਹ ਘਟਨਾ ਵੱਡੇ ਨੁਕਸਾਨ ਦਾ ਕਾਰਨ ਬਣ ਸਕਦੀ ਸੀ।

ਅੱਗ ਬੁਝਾਉਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੁਰੰਤ ਸੜੀਆਂ ਚਾਨਣੀਆਂ ਅਤੇ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਨਾਲ ਹੀ ਨਵੀਆਂ ਚਾਨਣੀਆਂ ਅਤੇ ਟੈਂਟ ਲਗਾਉਣ ਦੀ ਪ੍ਰਕਿਰਿਆ ਵੀ ਤੁਰੰਤ ਸ਼ੁਰੂ ਕਰ ਦਿੱਤੀ ਗਈ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।

ਇਸ ਮੌਕੇ ਗੁਰਦਿਆਲ ਸਿੰਘ ਨੇ ਸਰਕਾਰ ਅਤੇ ਪ੍ਰਬੰਧਕ ਕਮੇਟੀਆਂ ਕੋਲ ਮੰਗ ਕੀਤੀ ਕਿ ਇਤਿਹਾਸਕ ਧਾਰਮਿਕ ਸਥਾਨਾਂ ‘ਤੇ 24 ਘੰਟੇ ਫਾਇਰ ਸੇਫਟੀ ਪ੍ਰਬੰਧ ਅਤੇ ਪਾਣੀ ਦੀ ਸਹੂਲਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਵੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਉਸਾਰੀ ਅਧੀਨ ਲੈਂਟਰ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਲੋਕ ਜ਼ਖਮੀ ਹੋਏ ਸਨ। ਇਸ ਨਵੀਂ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਆਰਥਿਕਤਾ अपडेट्स