CM ਮਾਨ ਦੀਆਂ ਮਹਿਲਾਵਾਂ ਬਾਰੇ ਟਿੱਪਣੀਆਂ ‘ਤੇ ਗਨੀਵ ਕੌਰ ਮਜੀਠੀਆ ਨੇ ਦਿੱਤੀ ਤਿੱਖੀ ਪ੍ਰਤੀਕ੍ਰਿਆ

CM ਮਾਨ ਦੀਆਂ ਮਹਿਲਾਵਾਂ ਬਾਰੇ ਟਿੱਪਣੀਆਂ ‘ਤੇ ਗਨੀਵ ਕੌਰ ਮਜੀਠੀਆ ਨੇ ਦਿੱਤੀ ਤਿੱਖੀ ਪ੍ਰਤੀਕ੍ਰਿਆ

Post by : Jan Punjab Bureau

March 11, 2026 5:14 p.m. 104

ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਬਿਆਨ ਲਈ ਤੁਰੰਤ ਮਾਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਹ ਇਸ ਮਾਮਲੇ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਲੈ ਜਾਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਨੀਵ ਕੌਰ ਮਜੀਠੀਆ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਕ ਸਮਾਗਮ ਦੌਰਾਨ ਮਹਿਲਾਵਾਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਅਣਉਚਿਤ ਹਨ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਮਾਫ਼ੀ ਮੰਗ ਲੈਂਦੇ ਹਨ ਤਾਂ ਇਹ ਮਾਮਲਾ ਇੱਥੇ ਹੀ ਖਤਮ ਹੋ ਸਕਦਾ ਹੈ, ਪਰ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਨਿਆਂ ਲਈ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਦਰਵਾਜ਼ਾ ਖੜਕਾਉਣਗੇ।

ਮਜੀਠੀਆ ਨੇ ਆਂਗਣਵਾੜੀ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਘਟਨਾ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਉਨ੍ਹਾਂ ਨਾਲ ਅਪਮਾਨਜਨਕ ਵਰਤਾਵ ਕੀਤਾ ਗਿਆ, ਜੋ ਮਹਿਲਾਵਾਂ ਦੀ ਇੱਜ਼ਤ ਦੇ ਖਿਲਾਫ਼ ਹੈ।

ਇਸ ਤੋਂ ਇਲਾਵਾ ਉਨ੍ਹਾਂ ਇਕ ਕਥਿਤ ਫਰਜ਼ੀ ਮੁਕਾਬਲੇ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਇਕ ਮਾਂ ਦਾ ਇਕਲੌਤਾ ਪੁੱਤਰ ਮਾਰੇ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵੀ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮਜੀਠੀਆ ਨੇ ਕਿਹਾ ਕਿ ਉਹ ਉਸ ਬਿਆਨ ਦਾ ਸਮਰਥਨ ਨਹੀਂ ਕਰਦੇ, ਪਰ ਉਹ ਮੰਨਦੇ ਹਨ ਕਿ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ।

 

ਉਨ੍ਹਾਂ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਕੀਮਤੀ ਸਮਾਂ ਛੋਟੇ-ਮੋਟੇ ਮਸਲਿਆਂ ‘ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਮਤਾਬਕ ਸਦਨ ਵਿੱਚ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ।

ਮਜੀਠੀਆ ਨੇ ਕਿਹਾ ਕਿ ਜੇ ਸਰਕਾਰ ਵਾਕਈ ਮਹਿਲਾਵਾਂ ਦੀ ਇੱਜ਼ਤ ਦੀ ਚਿੰਤਾ ਕਰਦੀ ਹੈ ਤਾਂ ਮੁੱਖ ਮੰਤਰੀ ਦੀਆਂ ਟਿੱਪਣੀਆਂ ਖਿਲਾਫ਼ ਲਿਆਂਦੇ ਗਏ ਪ੍ਰਸਤਾਵ ਦਾ ਸਮਰਥਨ ਕਰਨਾ ਚਾਹੀਦਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਿਸੇ ਵੱਲੋਂ ਵੀ ਕੀਤੀਆਂ ਜਾਣ, ਉਹ ਕਬੂਲਯੋਗ ਨਹੀਂ ਹਨ ਅਤੇ ਸਮਾਜ ਵਿੱਚ ਮਹਿਲਾਵਾਂ ਦਾ ਸਨਮਾਨ ਸਭ ਤੋਂ ਉੱਪਰ ਹੋਣਾ ਚਾਹੀਦਾ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स