Punjab BJP Chief: ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ

Punjab BJP Chief: ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ

Post by : Jan Punjab Bureau

June 1, 2026 11:57 a.m. 120

ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਣਗੇ। ਇਹ ਸਮਾਗਮ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਅਹੁਦਾ ਸੰਭਾਲਣ ਸਮਾਗਮ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਰਹਿਣਗੇ। ਸਮਾਗਮ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਸੀਨੀਅਰ ਆਗੂ ਹੋਣਗੇ ਸ਼ਾਮਲ

ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਅਤੇ ਸੂਬਾ ਪੱਧਰੀ ਆਗੂਆਂ ਤੋਂ ਇਲਾਵਾ ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ, ਕੋਰ ਕਮੇਟੀ ਮੈਂਬਰ, ਜ਼ਿਲ੍ਹਾ ਪ੍ਰਧਾਨ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਸੈਂਕੜੇ ਭਾਜਪਾ ਵਰਕਰ ਸ਼ਿਰਕਤ ਕਰਨਗੇ।

ਭਾਜਪਾ ਲਈ ਅਹਿਮ ਮੌਕਾ

ਪੰਜਾਬ ਭਾਜਪਾ ਲਈ ਇਹ ਸਮਾਗਮ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸੰਗਠਨਾਤਮਕ ਮਜ਼ਬੂਤੀ ਵਧਾਉਣ 'ਤੇ ਜ਼ੋਰ ਦੇ ਰਹੀ ਹੈ। ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਪਾਰਟੀ ਦੀ ਭਵਿੱਖੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।

ਸੁਨੀਲ ਜਾਖੜ ਦੀ ਥਾਂ ਮਿਲੀ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਭਾਜਪਾ ਨੇ ਜੁਲਾਈ 2023 ਵਿੱਚ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲ ਹੀ ਵਿੱਚ ਪਾਰਟੀ ਹਾਈਕਮਾਨ ਨੇ ਲੀਡਰਸ਼ਿਪ ਵਿੱਚ ਬਦਲਾਅ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਇਕਾਈ ਦੀ ਕਮਾਨ ਸੌਂਪ ਦਿੱਤੀ ਹੈ।

ਹੁਣ ਸਿਆਸੀ ਮਾਹਿਰਾਂ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਆਉਣ ਵਾਲੇ ਸਮੇਂ ਵਿੱਚ ਆਪਣੀ ਸਿਆਸੀ ਪਕੜ ਨੂੰ ਕਿਵੇਂ ਮਜ਼ਬੂਤ ਕਰਦੀ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स