ਅਮਿਤ ਸ਼ਾਹ ਦੇ ਧਰਮ ਪਰਿਵਰਤਨ ਦੇ ਬਿਆਨ ‘ਤੇ SGPC ਦੀ ਤਿੱਖੀ ਪ੍ਰਤੀਕ੍ਰਿਆ

ਅਮਿਤ ਸ਼ਾਹ ਦੇ ਧਰਮ ਪਰਿਵਰਤਨ ਦੇ ਬਿਆਨ ‘ਤੇ SGPC ਦੀ ਤਿੱਖੀ ਪ੍ਰਤੀਕ੍ਰਿਆ

Post by : Jan Punjab Bureau

March 2, 2026 3:10 p.m. 1501

ਕੇਂਦਰੀ ਗ੍ਰਹਿ ਮੰਤਰੀ ਦੇ ਧਰਮ ਪਰਿਵਰਤਨ ਸੰਬੰਧੀ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਦਾ ਹੱਲ ਕੇਵਲ ਬਿਆਨਬਾਜ਼ੀ ਨਾਲ ਨਹੀਂ, ਸਗੋਂ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਕਦਮਾਂ ਨਾਲ ਹੀ ਸੰਭਵ ਹੈ।

ਉਨ੍ਹਾਂ ਕਿਹਾ ਕਿ ਜਿਸਨੂੰ ਆਮ ਤੌਰ ’ਤੇ ਧਰਮ ਪਰਿਵਰਤਨ ਕਿਹਾ ਜਾਂਦਾ ਹੈ, ਉਹ ਕਈ ਵਾਰ ਅਸਲ ਵਿੱਚ “ਲਾਲਚ ਪਰਿਵਰਤਨ” ਹੁੰਦਾ ਹੈ। ਉਨ੍ਹਾਂ ਦੇ ਅਨੁਸਾਰ ਕੁਝ ਤੱਤ ਆਰਥਿਕ ਸਹਾਇਤਾ ਜਾਂ ਹੋਰ ਲਾਭਾਂ ਦੇ ਜ਼ਰੀਏ ਲੋਕਾਂ ਨੂੰ ਪ੍ਰਭਾਵਿਤ ਕਰਦੇ ਹਨ, ਜੋ ਸਮਾਜਿਕ ਅਤੇ ਨੈਤਿਕ ਪੱਖੋਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ’ਤੇ ਸਰਕਾਰ ਅਤੇ ਸਮਾਜ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ SGPC ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ਰਹੀ, ਪਰ ਹੁਣ ਇਸ ਪ੍ਰਵਿਰਤੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ ਅਤੇ ਹਾਲਾਤ ਵਿੱਚ ਸੁਧਾਰ ਆਇਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵੇਚਣ ਦੇ ਮਾਮਲੇ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਉਥੇ ਗੁਰਦੁਆਰਾ ਸੰਪਤੀ ਦਾ ਪ੍ਰਬੰਧ ਔਕਾਫ ਬੋਰਡ ਦੇ ਅਧੀਨ ਹੈ ਅਤੇ ਜ਼ਮੀਨਾਂ ਦੀ ਵਿਕਰੀ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ। 

ਉਨ੍ਹਾਂ ਸਪਸ਼ਟ ਕੀਤਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਨਹੀਂ ਹੈ, ਜਿਸ ਕਰਕੇ ਇਸ ਸਬੰਧੀ ਕਮੇਟੀ ਦੇ ਅਧਿਕਾਰ ਸੀਮਿਤ ਹਨ। ਫਿਰ ਵੀ, ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ।

ਅੰਤ ਵਿੱਚ ਧਾਮੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸਰਕਾਰਾਂ ਨੂੰ ਮਿਲ ਕੇ ਇਸ ਤਰ੍ਹਾਂ ਦੇ ਮਾਮਲਿਆਂ ‘ਤੇ ਸੰਵੇਦਨਸ਼ੀਲਤਾ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੀ ਲੋੜ ਹੈ, ਤਾਂ ਜੋ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ, ਸੰਪਤੀ ਅਤੇ ਮਰਿਆਦਾ ਕਾਇਮ ਰਹੇ।

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਨਵੀਂ ਮੁੰਬਈ ਦੇ ਖਰਘਰ ਵਿੱਚ ਆਯੋਜਿਤ "ਹਿੰਦ-ਦੀ-ਚਾਦਰ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਵਿੱਚ ਚੱਲ ਰਹੇ ਧਰਮ ਪਰਿਵਰਤਨ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। 

ਅਮਿਤ ਸ਼ਾਹ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਨੇ ਬਹੁਤ ਜ਼ੁਲਮ ਸਹੇ ਕੀਤੇ ਪਰ ਕਦੇ ਨਹੀਂ ਝੁਕੇ। ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਅੱਜ ਅਸੀਂ ਲਾਲਚ ਕਾਰਨ ਆਪਣਾ ਧਰਮ ਬਦਲਦੇ ਹਾਂ, ਤਾਂ ਅਸੀਂ ਆਪਣੇ ਮਹਾਨ ਗੁਰੂਆਂ ਦੇ ਸੱਚੇ ਪੈਰੋਕਾਰ ਨਹੀਂ ਕਹੇ ਜਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉੱਥੇ ਦੇ ਸਾਰੇ ਧਰਮਾਂ ਦੇ ਲੋਕਾਂ ਨੂੰ ਇਸ ਧਾਰਮਿਕ ਪਰਿਵਰਤਨ ਨੂੰ ਰੋਕਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स