Republic Day 2026: ਫਰੀਦਕੋਟ ਵਿੱਚ 26 ਜਨਵਰੀ ਸਮਾਗਮ ਲਈ ਡਿਪਟੀ ਕਮਿਸ਼ਨਰ ਦੀ ਅਧਿਕਾਰੀਆਂ ਨਾਲ ਮੀਟਿੰਗ

Republic Day 2026: ਫਰੀਦਕੋਟ ਵਿੱਚ 26 ਜਨਵਰੀ ਸਮਾਗਮ ਲਈ ਡਿਪਟੀ ਕਮਿਸ਼ਨਰ ਦੀ ਅਧਿਕਾਰੀਆਂ ਨਾਲ ਮੀਟਿੰਗ

Author : Kanwalinder Pal Singh Sra

Jan. 21, 2026 2:44 p.m. 166

ਫਰੀਦਕੋਟ: 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਮਾਗਮ ਨਾਲ ਸਬੰਧਤ ਆਪਣੀਆਂ ਜਿੰਮੇਵਾਰੀਆਂ ਸਮੇਂ ਸਿਰ ਅਤੇ ਪੂਰੀ ਤਨਦੇਹੀ ਨਾਲ ਨਿਭਾਈਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ., ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ., ਸਕਾਊਟ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਨਾਲ ਹੀ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਦੀਆਂ ਰਿਹਰਸਲਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਵਿਕਾਸ ਸੰਬੰਧੀ ਝਾਕੀਆਂ ਦੀ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਨਾਲ ਜੁੜੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਆਖਿਆ ਕਿ ਗਣਤੰਤਰ ਦਿਵਸ ਸਾਡੀ ਕੌਮੀ ਇਕਤਾ ਅਤੇ ਲੋਕਤੰਤਰਕ ਮੁੱਲਾਂ ਦਾ ਪ੍ਰਤੀਕ ਹੈ, ਇਸ ਲਈ ਹਰ ਵਿਭਾਗ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਸ ਦਿਨ ਨੂੰ ਯਾਦਗਾਰ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स