ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਗੁਰਦਾਸਪੁਰ ਦੌਰੇ ’ਤੇ, ਮਨੁੱਖੀ ਅਧਿਕਾਰਾਂ ਦੀ ਰਾਖੀ ’ਤੇ ਦਿੱਤਾ ਜ਼ੋਰ

ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਗੁਰਦਾਸਪੁਰ ਦੌਰੇ ’ਤੇ, ਮਨੁੱਖੀ ਅਧਿਕਾਰਾਂ ਦੀ ਰਾਖੀ ’ਤੇ ਦਿੱਤਾ ਜ਼ੋਰ

Author : Sonu Samyal

Feb. 9, 2026 11:02 a.m. 2070

ਗੁਰਦਾਸਪੁਰ, 8 ਫਰਵਰੀ: ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮਾਣਯੋਗ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਗੁਰਦਾਸਪੁਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਨਾਲ ਜੁੜੇ ਉਪਾਅਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ।

ਮਾਣਯੋਗ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਕਾਨਫਰੰਸ ਹਾਲ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਵਿਸਥਾਰਪੂਰਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਪੰਚਾਂ-ਸਰਪੰਚਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਲੈ ਕੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਉਲੰਘਣਾ ਦੇ ਹਰ ਮਾਮਲੇ ’ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਭਾਰਤੀ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਨੁੱਖੀ ਅਧਿਕਾਰ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਹਿਣੇ ਚਾਹੀਦੇ, ਸਗੋਂ ਇਹ ਜ਼ਮੀਨੀ ਪੱਧਰ ’ਤੇ ਦਿੱਖਣੇ ਲਾਜ਼ਮੀ ਹਨ।

ਪਦਮ ਸ਼੍ਰੀ ਸ਼ੰਟੀ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕਮਿਸ਼ਨ ਵੱਲੋਂ ਸਮੇਂ-ਸਮੇਂ ’ਤੇ ਐਡਵਾਈਜ਼ਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਮਨੁੱਖਤਾ ਦੀ ਭਲਾਈ ਲਈ ਨਵੇਂ ਅਤੇ ਪ੍ਰਭਾਵਸ਼ਾਲੀ ਉਪਾਅ ਲਾਗੂ ਹੋ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹਾਲ ਹੀ ਵਿੱਚ ਕਮਿਸ਼ਨ ਵੱਲੋਂ ਇੱਕ ਮਹੱਤਵਪੂਰਣ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਤੋਂ ਬਾਅਦ ਬਿੱਲ ਨਾ ਦੇਣ ਦੀ ਸੂਰਤ ਵਿੱਚ ਲਾਸ਼ ਨੂੰ ਰੋਕ ਨਹੀਂ ਸਕਦਾ ਅਤੇ ਮ੍ਰਿਤਕ ਦੀ ਲਾਸ਼ ਸਬੰਧਤ ਪਰਿਵਾਰ ਨੂੰ ਤੁਰੰਤ ਸੌਂਪਣੀ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਸਬੰਧਤ ਇਸ ਐਡਵਾਈਜ਼ਰੀ ਦੇ ਬੋਰਡ ਸਾਰੇ ਹਸਪਤਾਲਾਂ ਵਿੱਚ ਲਗਾਏ ਜਾਣਗੇ ਅਤੇ ਹਸਪਤਾਲਾਂ ਵਿੱਚ ਸਾਫ਼-ਸਫ਼ਾਈ ਦੀ ਵਿਵਸਥਾ ਹੋਰ ਬਿਹਤਰ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਠੇਕੇਦਾਰਾਂ ਲਈ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ, ਸੁਰੱਖਿਆ ਕੱਪੜੇ, ਮਾਸਕ ਅਤੇ ਬੀਮਾ ਸਹੂਲਤਾਂ ਮੁਹੱਈਆ ਕਰਵਾਉਣ।

ਪਦਮ ਸ਼੍ਰੀ ਸ਼ੰਟੀ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਹੱਤਵਪੂਰਣ ਐਡਵਾਈਜ਼ਰੀ ਐਮਰਜੰਸੀ ਪਾਇਲਟ ਐਂਬੂਲੰਸ ਸੇਵਾ ਸਬੰਧੀ ਜਾਰੀ ਕੀਤੀ ਗਈ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਲਾਗੂ ਹੋਵੇਗੀ। ਇਸ ਤਹਿਤ 112 ਨੰਬਰ ’ਤੇ ਕਾਲ ਕਰਨ ’ਤੇ ਨੇੜਲੇ ਪੀ.ਸੀ.ਆਰ. ਦੀ ਪਾਇਲਟ ਵਾਹਨ ਐਂਬੂਲੰਸ ਦੇ ਅੱਗੇ ਚੱਲੇਗੀ, ਤਾਂ ਜੋ ਹੰਗਾਮੀ ਹਾਲਤ ਵਿੱਚ ਮਰੀਜ਼ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਈ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾ ਰਿਹਾ ਹੈ, ਜੋ ਗੈਰ-ਸਿਆਸੀ ਹੋਵੇਗਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰੇਗਾ। ਇਹ ਕੋਰ ਗਰੁੱਪ ਕਮਿਸ਼ਨ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਪਹੁੰਚਾਉਣ ਵਿੱਚ ਸਹਾਇਕ ਹੋਵੇਗਾ। ਇਸ ਲਈ ਬਿਨੈ-ਪੱਤਰ 19 ਫਰਵਰੀ ਤੱਕ ਦਿੱਤੇ ਜਾ ਸਕਦੇ ਹਨ, ਜਦਕਿ 28 ਫਰਵਰੀ ਨੂੰ ਸੂਬੇ ਭਰ ਵਿੱਚ ਕੋਰ ਗਰੁੱਪ ਦੀ ਸੂਚੀ ਜਾਰੀ ਕੀਤੀ ਜਾਵੇਗੀ।

ਮਾਣਯੋਗ ਮੈਂਬਰ ਨੇ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨ ਕੋਲ ਭੇਜੀ ਜਾਵੇ, ਜਿਸ ’ਤੇ ਦੋ ਦਿਨਾਂ ਦੇ ਅੰਦਰ ਯਕੀਨੀ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਿਕਾਇਤ ਵਟਸਐੱਪ ਨੰਬਰ 9855475547 ’ਤੇ ਵੀ ਭੇਜੀ ਜਾ ਸਕਦੀ ਹੈ।

ਮੀਟਿੰਗ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਰੱਖੀਆਂ ਗਈਆਂ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਮਾਣਯੋਗ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਖੁੱਲ੍ਹ ਕੇ ਸਰਾਹਨਾ ਕੀਤੀ ਗਈ।

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਮਾਣਯੋਗ ਮੈਂਬਰ ਨੂੰ ਯਕੀਨ ਦਿਵਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹੋਰ ਵਧੇਰੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ (ਵਧੀਕ ਡਿਪਟੀ ਕਮਿਸ਼ਨਰ-ਜਨਰਲ), ਗੁਰਪ੍ਰੀਤ ਸਿੰਘ ਗਿੱਲ (ਵਧੀਕ ਡਿਪਟੀ ਕਮਿਸ਼ਨਰ-ਵਿਕਾਸ), ਆਦਿਤਿਆ ਗੁਪਤਾ (ਸਹਾਇਕ ਕਮਿਸ਼ਨਰ-ਜਨਰਲ), ਜੁਗਰਾਜ ਸਿੰਘ ਐੱਸ.ਪੀ.(ਐੱਚ), ਆਦਿੱਤਿਆ ਸ਼ਰਮਾ ਐੱਸ.ਡੀ.ਐੱਮ ਡੇਰਾ ਬਾਬਾ ਨਾਨਕ, ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ, ਸ੍ਰੀਮਤੀ ਜਯੋਤਸਨਾ ਸਿੰਘ ਐੱਸ.ਡੀ.ਐੱਮ ਕਲਾਨੌਰ/ਫਤਿਹਗੜ੍ਹ ਚੂੜੀਆਂ, ਜਸਕਰਨ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ ਬਟਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स