ਗੁਰਦਾਸਪੁਰ ਸਰਹੱਦੀ ਖੇਤਰ ‘ਚ ਨਸ਼ਿਆਂ ਖ਼ਿਲਾਫ਼ ਜੰਗ: ਡੀਆਈਜੀ ਸੰਦੀਪ ਗੋਇਲ ਨੇ ਡਿਫੈਂਸ ਕਮੇਟੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਗੁਰਦਾਸਪੁਰ ਸਰਹੱਦੀ ਖੇਤਰ ‘ਚ ਨਸ਼ਿਆਂ ਖ਼ਿਲਾਫ਼ ਜੰਗ: ਡੀਆਈਜੀ ਸੰਦੀਪ ਗੋਇਲ ਨੇ ਡਿਫੈਂਸ ਕਮੇਟੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Author : Lovepreet Singh

Dec. 27, 2025 4:01 p.m. 465

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਲਗਭਗ 37 ਕਿਲੋਮੀਟਰ ਇੰਟਰਨੈਸ਼ਨਲ ਬਾਰਡਰ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਅੱਜ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਵੱਲੋਂ ਦੀਨਾਨਗਰ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਡਿਫੈਂਸ ਕਮੇਟੀਆਂ ਦੀ ਭੂਮਿਕਾ, ਸਰਹੱਦੀ ਸੁਰੱਖਿਆ ਅਤੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੀਆਂ ਡਿਫੈਂਸ ਕਮੇਟੀਆਂ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਬਹੁਤ ਹੀ ਸਰਗਰਮ ਅਤੇ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਨਾਲ ਰੂਬਰੂ ਹੋਣ ਅਤੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਉਹ ਖ਼ਾਸ ਤੌਰ ‘ਤੇ ਦੀਨਾਨਗਰ ਪਹੁੰਚੇ ਹਨ।

ਡੀਆਈਜੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਹੇਠ ਸਰਹੱਦੀ ਖੇਤਰਾਂ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਦੌਰਾਨ ਲਗਭਗ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 2000 ਤੋਂ ਵੱਧ ਵਿਅਕਤੀਆਂ ਨੂੰ ਓਟ ਸੈਂਟਰਾਂ ਵਿੱਚ ਰਜਿਸਟਰ ਕਰਵਾਇਆ ਗਿਆ ਹੈ, ਤਾਂ ਜੋ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਮੁੱਖਧਾਰਾ ਵੱਲ ਵਾਪਸ ਲਿਆਂਦਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਵੱਲੋਂ ਅਤੇ ਆਈਐਸਆਈ ਦੇ ਇਸ਼ਾਰਿਆਂ ‘ਤੇ ਨਸ਼ਾ ਤਸਕਰੀ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਪਰ ਸਰਹੱਦਾਂ ‘ਤੇ ਤਾਇਨਾਤ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਇਹਨਾਂ ਕੋਸ਼ਿਸ਼ਾਂ ਨੂੰ ਹਮੇਸ਼ਾ ਨਾਕਾਮ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਨਸ਼ਾ, ਡਰੋਨ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

ਡੀਆਈਜੀ ਸੰਦੀਪ ਗੋਇਲ ਨੇ ਖ਼ਾਸ ਤੌਰ ‘ਤੇ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਡਿਫੈਂਸ ਕਮੇਟੀਆਂ ਸਹੀ ਸਮੇਂ ‘ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ, ਜਿਸ ਕਾਰਨ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਕਮੇਟੀਆਂ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ-ਮੁਕਤ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਵੱਡੀ ਮਦਦ ਮਿਲ ਰਹੀ ਹੈ।

ਧੁੰਦ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਖ਼ਾਸ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸਰਹੱਦੀ ਖੇਤਰਾਂ ਵਿੱਚ ਦਿਨ-ਰਾਤ ਪੂਰੀ ਨਿਗਰਾਨੀ ਰੱਖ ਰਹੀਆਂ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਮਾਝਾ अपडेट्स