ਗੁਰਦਾਸਪੁਰ ਵਿੱਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫੈਸਲਾ

ਗੁਰਦਾਸਪੁਰ ਵਿੱਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫੈਸਲਾ

Author : Sonu Samyal

Jan. 31, 2026 10:13 a.m. 334

ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਵੱਲੋਂ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਹੱਤਵਪੂਰਨ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਮਿਤੀ 31 ਜਨਵਰੀ 2026 (ਸ਼ਨੀਵਾਰ) ਨੂੰ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਰਹੇਗੀ। ਹਾਲਾਂਕਿ, ਇਸ ਦਿਨ ਨਿਧਾਰਤ ਪ੍ਰੀਖਿਆਵਾਂ ਉੱਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਅਤੇ ਪ੍ਰੀਖਿਆਵਾਂ ਆਪਣੇ ਤੈਅ ਸਮੇਂ ਅਨੁਸਾਰ ਹੀ ਹੋਣਗੀਆਂ।

ਹੁਕਮਾਂ ਵਿੱਚ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ ਵੱਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਮੰਗ ਪੱਤਰ ਵਿੱਚ ਦੱਸਿਆ ਗਿਆ ਸੀ ਕਿ 31 ਜਨਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸ਼ਮੂਲੀਅਤ ਦੀ ਸੰਭਾਵਨਾ ਹੈ। ਇਸ ਕਰਕੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਗਈ ਸੀ।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ (ਸ) ਅਤੇ (ਪ) ਗੁਰਦਾਸਪੁਰ ਨੂੰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਕਾਸ਼ ਉਤਸਵ ਦੇ ਮੌਕੇ ਸ਼ਾਂਤੀ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨਾਲ ਸਮਾਰੋਹਾਂ ਵਿੱਚ ਭਾਗ ਲੈਣ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स