Hoshiarpur News : ਧਾਰਮਿਕ ਅਸਥਾਨ ਤੋਂ ਵਾਪਸੀ ਦੌਰਾਨ ਬਜ਼ੁਰਗ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ ’ਚ ਦਹਿਸ਼ਤ

Hoshiarpur News : ਧਾਰਮਿਕ ਅਸਥਾਨ ਤੋਂ ਵਾਪਸੀ ਦੌਰਾਨ ਬਜ਼ੁਰਗ ਮਹਿਲਾ ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ ’ਚ ਦਹਿਸ਼ਤ

Post by : Jan Punjab Bureau

Feb. 7, 2026 12:49 p.m. 2228

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਗੜ੍ਹਸ਼ੰਕਰ ਹਲਕੇ ਅਧੀਨ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ 62 ਸਾਲਾ ਬਜ਼ੁਰਗ ਮਹਿਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕਾ ਦੀ ਪਛਾਣ ਰਚਨਾ ਦੇਵੀ (62 ਸਾਲ) ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰਚਨਾ ਦੇਵੀ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਲਗਭਗ 6 ਵਜੇ ਇੱਕ ਧਾਰਮਿਕ ਅਸਥਾਨ ’ਤੇ ਮੱਥਾ ਟੇਕ ਕੇ ਆਪਣੇ ਘਰ ਵੱਲ ਵਾਪਸ ਆ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਹਮਲੇ ਦੌਰਾਨ ਰਚਨਾ ਦੇਵੀ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਨੇੜਲੇ ਲੋਕਾਂ ਵੱਲੋਂ ਤੁਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਬੀਨੇਵਾਲ ਅਤੇ ਗੜ੍ਹਸ਼ੰਕਰ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਮ੍ਰਿਤਕਾ ਦਾ ਪਤੀ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਕਰਮਚਾਰੀ ਰਹਿ ਚੁੱਕਾ ਹੈ, ਜਿਸ ਕਾਰਨ ਮਾਮਲੇ ਦੇ ਹਰ ਪੱਖ ਨੂੰ ਗੰਭੀਰਤਾ ਨਾਲ ਖੰਗਾਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਬੀਨੇਵਾਲ ਦੇ ਇੰਚਾਰਜ ਏ.ਐੱਸ.ਆਈ. ਓਂਕਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਦੇਸ਼ - ਅਪਰਾਧ अपडेट्स