NEET Paper Leak: CBI ਨੇ ਵੱਡੀ ਕਾਰਵਾਈ ਕਰਦਿਆਂ ਡਾਕਟਰ ਸਮੇਤ 2 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਵੱਡੀ ਕਾਰਵਾਈ ਕਰਦਿਆਂ ਡਾਕਟਰ ਸਮੇਤ 2 ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ

Post by : Jan Punjab Bureau

May 27, 2026 11:23 a.m. 232

ਨੀਟ-ਯੂਜੀ 2026 ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਇੱਕ ਡਾਕਟਰ ਵੀ ਸ਼ਾਮਲ ਹੈ। ਇਸ ਨਾਲ ਇਸ ਕੇਸ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ 13 ਹੋ ਗਈ ਹੈ।

ਜਾਣਕਾਰੀ ਮੁਤਾਬਕ ਲਾਤੂਰ ਦੇ ਡਾ. ਮਨੋਜ ਸ਼ਿਰੂਰੇ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ‘ਤੇ ਦੋਸ਼ ਹੈ ਕਿ ਉਸ ਨੇ ਕੋਚਿੰਗ ਸੈਂਟਰ ਦੇ ਮਾਲਕ ਦੇ ਬੇਟੇ ਅਤੇ ਤਿੰਨ ਵਿਦਿਆਰਥੀਆਂ ਤੱਕ ਕੈਮਿਸਟਰੀ ਦੇ ਲੀਕ ਹੋਏ ਪ੍ਰਸ਼ਨ ਪਹੁੰਚਾਉਣ ਵਿੱਚ ਮੁੱਖ ਭੂਮਿਕਾ ਨਿਭਾਈ। ਇਹ ਪ੍ਰਸ਼ਨ ਕਥਿਤ ਤੌਰ ‘ਤੇ ਮੁਲਜ਼ਮ ਪੀਵੀ ਕੁਲਕਰਨੀ ਰਾਹੀਂ ਹਾਸਲ ਕੀਤੇ ਗਏ ਸਨ।

ਇਸਦੇ ਨਾਲ ਹੀ ਪੁਣੇ ਦੇ ਇੱਕ ਕੋਚਿੰਗ ਸੈਂਟਰ ਨਾਲ ਜੁੜੇ ਫਿਜ਼ਿਕਸ ਫੈਕਲਟੀ ਤੇਜਸ ਹਰਸ਼ਦਕੁਮਾਰ ਸ਼ਾਹ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਮਨੀਸ਼ਾ ਹਵਾਲਦਾਰ ਤੋਂ ਲੀਕ ਹੋਏ ਫਿਜ਼ਿਕਸ ਦੇ ਪ੍ਰਸ਼ਨ ਪ੍ਰਾਪਤ ਕੀਤੇ ਸਨ ਅਤੇ ਅੱਗੇ ਸਾਂਝੇ ਕਰਨ ਵਿੱਚ ਭੂਮਿਕਾ ਨਿਭਾਈ ਸੀ।

CBI ਨੇ ਇਸ ਮਾਮਲੇ ਵਿੱਚ ਹੁਣ ਤੱਕ ਦੇਸ਼ ਭਰ ਵਿੱਚ 49 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਛਾਪਿਆਂ ਦੌਰਾਨ ਕਈ ਲੈਪਟਾਪ, ਮੋਬਾਈਲ ਫੋਨ ਅਤੇ ਸ਼ੱਕੀ ਦਸਤਾਵੇਜ਼ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਕੇਸ 12 ਮਈ ਨੂੰ ਸਿੱਖਿਆ ਮੰਤਰਾਲੇ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ਤੋਂ ਬਾਅਦ CBI ਨੇ ਕਈ ਖੇਤਰਾਂ ਵਿੱਚ ਟੀਮਾਂ ਬਣਾਕੇ ਕਾਰਵਾਈ ਸ਼ੁਰੂ ਕੀਤੀ ਸੀ।

ਹੁਣ ਤੱਕ ਦਿੱਲੀ, ਜੈਪੁਰ, ਗੁਰੂਗ੍ਰਾਮ, ਨਾਸਿਕ, ਪੁਣੇ, ਲਾਤੂਰ ਅਤੇ ਅਹਿਮਦਨਗਰ ਸਮੇਤ ਕਈ ਥਾਵਾਂ ਤੋਂ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਜਾਂਚ ਏਜੰਸੀ ਵੱਲੋਂ ਇਸ ਪੂਰੇ ਨੈੱਟਵਰਕ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स