Jalandhar Sacrilege Case : ਬੇਅਦਬੀ ਮਾਮਲੇ ’ਚ ਸਿੱਖ ਜੱਥੇਬੰਦੀਆਂ ਦੀ ਵੱਡੀ ਮੀਟਿੰਗ, ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਮੰਗ

Jalandhar Sacrilege Case : ਬੇਅਦਬੀ ਮਾਮਲੇ ’ਚ ਸਿੱਖ ਜੱਥੇਬੰਦੀਆਂ ਦੀ ਵੱਡੀ ਮੀਟਿੰਗ, ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਮੰਗ

Post by : Jan Punjab Bureau

May 20, 2026 10:36 a.m. 272

ਜਲੰਧਰ ਦੇ ਬਸਤੀ ਬਾਬਾ ਖੇਲ ਥਾਣਾ ਇਲਾਕੇ ਅਧੀਨ ਪੈਂਦੇ ਰਾਜਾ ਗਾਰਡਨ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਅਤੇ ਵੱਖ-ਵੱਖ ਸਿੱਖ ਜੱਥੇਬੰਦੀਆਂ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਬਸਤੀ ਮਿੱਠੂ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਜਨ ਨਗਰ ਵਿਖੇ ਇੱਕ ਅਹਿਮ ਮੀਟਿੰਗ ਬੁਲਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਜੱਥੇਬੰਦੀਆਂ ਨੇ ਕਿਹਾ ਕਿ ਬੀਤੇ ਦਿਨ ਦਿੱਤਾ ਗਿਆ ਧਰਨਾ ਪ੍ਰਸ਼ਾਸਨ ਦੀ ਅਪੀਲ ’ਤੇ ਇਸ ਭਰੋਸੇ ਨਾਲ ਚੱਕਿਆ ਗਿਆ ਸੀ ਕਿ ਸ਼ਾਮ ਚਾਰ ਵਜੇ ਤੱਕ ਅਸਲ ਦੋਸ਼ੀਆਂ ਨੂੰ ਸੰਗਤਾਂ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਪਰ ਹੁਣ ਤੱਕ ਅਸਲ ਦੋਸ਼ੀਆਂ ਦੀ ਪਛਾਣ ਨਾ ਹੋਣ ਕਾਰਨ ਸੰਗਤਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।

ਸਿੱਖ ਜੱਥੇਬੰਦੀਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਤਿੰਨ ਨੌਜਵਾਨਾਂ ਨੇ ਖੁਦ ਪੁਲਿਸ ਨੂੰ ਫੋਨ ਕਰਕੇ ਗੁਟਕਾ ਸਾਹਿਬ ਦੇ ਅੰਗ ਮਿਲਣ ਦੀ ਜਾਣਕਾਰੀ ਦਿੱਤੀ ਸੀ, ਉਨ੍ਹਾਂ ਨੂੰ ਹੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜੱਥੇਬੰਦੀਆਂ ਨੇ ਕਿਹਾ ਕਿ ਸੰਗਤ ਕਿਸੇ ਵੀ ਬੇਕਸੂਰ ਨੌਜਵਾਨ ਨੂੰ ਫਸਾਏ ਜਾਣ ਦੇ ਹੱਕ ਵਿੱਚ ਨਹੀਂ ਹੈ ਅਤੇ ਇਨਸਾਫ਼ ਪੂਰੀ ਤਰ੍ਹਾਂ ਪਾਰਦਰਸ਼ੀ ਹੋਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਇਹ ਮੰਗ ਵੀ ਕੀਤੀ ਗਈ ਕਿ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਸਾਰੀ ਜਾਂਚ ਅਤੇ ਕਾਰਵਾਈ ਦੇ ਸਬੂਤ ਸੰਗਤਾਂ ਸਾਹਮਣੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਇਸ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਸਿੱਖ ਜੱਥੇਬੰਦੀਆਂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨਗੀਆਂ।

ਸੰਗਤਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਧਰਨੇ ਵਿੱਚ ਢਿੱਲ ਇਸ ਲਈ ਦਿੱਤੀ ਗਈ ਹੈ ਤਾਂ ਜੋ ਪੁਲਿਸ ਅਤੇ ਜਾਂਚ ਟੀਮਾਂ ਬਿਨਾਂ ਕਿਸੇ ਰੁਕਾਵਟ ਦੇ ਕੰਮ ਕਰ ਸਕਣ ਅਤੇ ਅਸਲ ਦੋਸ਼ੀਆਂ ਤੱਕ ਜਲਦ ਪਹੁੰਚਿਆ ਜਾ ਸਕੇ।

ਇਸ ਮਾਮਲੇ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ Kuldeep Singh Gargaj ਨੇ ਜਲੰਧਰ ਦੀ ਪੁਲਿਸ ਕਮਿਸ਼ਨਰ Dhanpreet Kaur ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਪੁਲਿਸ ਦੀਆਂ ਸਾਰੀਆਂ ਟੀਮਾਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੰਗਤਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਸਲ ਦੋਸ਼ੀਆਂ ਨੂੰ ਜਲਦ ਬੇਨਕਾਬ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾ ਸਕਦਾ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स