Punjab Municipal Elections Violence : ਸ਼ਹਿਰੀ ਚੋਣਾਂ ਦੌਰਾਨ ਹਿੰਸਾ ਅਤੇ ਨਸ਼ਿਆਂ ਦੀ ਵਰਤੋਂ ਨੇ ਲੋਕਤੰਤਰ ਨੂੰ ਕੀਤਾ ਸ਼ਰਮਸਾਰ, ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ

Punjab Municipal Elections Violence : ਸ਼ਹਿਰੀ ਚੋਣਾਂ ਦੌਰਾਨ ਹਿੰਸਾ ਅਤੇ ਨਸ਼ਿਆਂ ਦੀ ਵਰਤੋਂ ਨੇ ਲੋਕਤੰਤਰ ਨੂੰ ਕੀਤਾ ਸ਼ਰਮਸਾਰ, ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ

Post by : Jan Punjab Bureau

May 27, 2026 5:18 p.m. 426

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਸ਼ਹਿਰੀ ਕਾਰਪੋਰੇਸ਼ਨਾਂ ਅਤੇ ਨਗਰ ਪੰਚਾਇਤ ਚੋਣਾਂ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਜ਼ਿਲ੍ਹਾ ਲੁਧਿਆਣਾ ਇੰਚਾਰਜ ਅੰਮ੍ਰਿਤ ਸਿੰਘ ਭਾਰਤੀ ਨੇ ਚੋਣਾਂ ਦੌਰਾਨ ਹੋਈ ਹਿੰਸਾ, ਬਹਿਸਬਾਜ਼ੀ ਅਤੇ ਨਸ਼ਿਆਂ ਦੀ ਖੁੱਲ੍ਹੀ ਵਰਤੋਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਲੋਕਤੰਤਰ ਦੇ ਮਹਾਂਉਤਸਵ ਨੂੰ ਕਲੰਕਿਤ ਕਰ ਦਿੱਤਾ ਹੈ।

ਪ੍ਰੈਸ ਨੋਟ ਜਾਰੀ ਕਰਦਿਆਂ ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਚੋਣਾਂ ਦੌਰਾਨ ਖੁੱਲ੍ਹੇਆਮ ਧੱਕੇਸ਼ਾਹੀ, ਹਿੰਸਾ ਅਤੇ ਤਣਾਅ ਦੇ ਮਾਮਲੇ ਸਾਹਮਣੇ ਆਏ। ਉਨ੍ਹਾਂ ਦੋਸ਼ ਲਗਾਇਆ ਕਿ ਲਗਭਗ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਨਜ਼ਰ ਆਏ।

ਉਨ੍ਹਾਂ ਕਿਹਾ ਕਿ ਚੋਣਾਂ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੁੰਦੀਆਂ ਹਨ, ਪਰ ਪੰਜਾਬ ਵਿੱਚ ਹੋਈਆਂ ਤਾਜ਼ਾ ਚੋਣਾਂ ਨੇ ਲੋਕਤੰਤਰ ਦੀ ਪਵਿੱਤਰਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਰਤੀ ਨੇ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਧਨ-ਬਲ ਅਤੇ ਸੱਤਾ ਦਾ ਦੁਰਉਪਯੋਗ ਖੁੱਲ੍ਹੇਆਮ ਕੀਤਾ ਗਿਆ, ਜਦਕਿ ਵਿਰੋਧੀ ਧਿਰਾਂ ਨੇ ਵੀ ਆਪਣੀ ਪੂਰੀ ਤਾਕਤ ਲਗਾਈ।

ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ‘ਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਪੰਚਾਇਤੀ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੀ ਸਾਹਮਣੇ ਆਈਆਂ ਸਨ ਅਤੇ ਹੁਣ ਸ਼ਹਿਰੀ ਚੋਣਾਂ ਵਿੱਚ ਵੀ ਇਹ ਮਾਹੌਲ ਦੇਖਣ ਨੂੰ ਮਿਲਿਆ ਹੈ।

ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਕਈ ਵੀਡੀਓਜ਼ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਹਿੰਸਕ ਘਟਨਾਵਾਂ ਵਿੱਚ ਸ਼ਾਮਲ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਵਰਗੀ ਗੁਰੂਆਂ, ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਅਜਿਹੇ ਦ੍ਰਿਸ਼ ਦੇਖਣਾ ਬਹੁਤ ਦੁੱਖਦਾਈ ਹੈ ਅਤੇ ਇਸ ਨਾਲ ਭਾਈਚਾਰਕ ਸਾਂਝ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ।

ਉਨ੍ਹਾਂ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇੰਨੀ ਘਟਨਾਵਾਂ ਦੇ ਬਾਵਜੂਦ ਚੋਣ ਕਮਿਸ਼ਨ ਦੀ ਚੁੱਪੀ ਸ਼ੱਕ ਦੇ ਘੇਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਵੀ ਸਮੇਂ-ਸਮੇਂ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪਰ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ਪਾਲਣਾ ਨਹੀਂ ਹੋ ਰਹੀ।

ਭਾਰਤੀ ਨੇ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੀ ਅਕਸਰ ਸੱਤਾਧਾਰੀ ਧਿਰ ਦੇ ਦਬਾਅ ਹੇਠ ਕੰਮ ਕਰਦੇ ਨਜ਼ਰ ਆਉਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਹਾਲਾਤ ਪੰਜਾਬ ਵਿੱਚ ਆਪਸੀ ਦੁਸ਼ਮਣੀਆਂ ਅਤੇ ਸਮਾਜਿਕ ਤਣਾਅ ਨੂੰ ਹੋਰ ਵਧਾ ਸਕਦੇ ਹਨ, ਜਿਸ ਦੇ ਨਤੀਜੇ ਖਤਰਨਾਕ ਹੋ ਸਕਦੇ ਹਨ।

ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿਆਸੀ ਲਾਭ ਲਈ ਲੋਕਾਂ ਵਿਚਾਲੇ ਨਫ਼ਰਤ ਅਤੇ ਵੰਡ ਪੈਦਾ ਕਰਨਾ ਬਹੁਤ ਖਤਰਨਾਕ ਰੁਝਾਨ ਹੈ। ਉਨ੍ਹਾਂ ਸਟੇਟ ਅਤੇ ਕੇਂਦਰੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਭਵਿੱਖ ਦੀਆਂ ਚੋਣਾਂ ਲਈ ਸਖ਼ਤ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧ ਕੀਤੇ ਜਾਣ ਅਤੇ ਗੜਬੜ ਪੈਦਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स