Police Custody Death Case: ਮਜੀਠਾ ਵਿੱਚ ਬਜ਼ੁਰਗ ਦੀ ਮੌਤ ਮਗਰੋਂ ਪੰਜਾਬ ਪੁਲਿਸ ਘਿਰੀ ਵਿਵਾਦਾਂ ਵਿੱਚ, ਪਰਿਵਾਰ ਨੇ ਲਗਾਏ ਕੁੱਟਮਾਰ ਦੇ ਗੰਭੀਰ ਦੋਸ਼

Police Custody Death Case: ਮਜੀਠਾ ਵਿੱਚ ਬਜ਼ੁਰਗ ਦੀ ਮੌਤ ਮਗਰੋਂ ਪੰਜਾਬ ਪੁਲਿਸ ਘਿਰੀ ਵਿਵਾਦਾਂ ਵਿੱਚ, ਪਰਿਵਾਰ ਨੇ ਲਗਾਏ ਕੁੱਟਮਾਰ ਦੇ ਗੰਭੀਰ ਦੋਸ਼

Post by : Jan Punjab Bureau

June 9, 2026 4:48 p.m. 860

ਪੰਜਾਬ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਨੂੰ ਲੈ ਕੇ ਪੁਲਿਸ 'ਤੇ ਗੰਭੀਰ ਦੋਸ਼ ਲੱਗੇ ਹਨ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਵਜੋਂ ਹੋਈ ਹੈ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਕਰਮਚਾਰੀਆਂ ਵੱਲੋਂ ਨਿਰਮਲ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਅਨੁਸਾਰ ਪੁਲਿਸ ਨੇ ਨਿਰਮਲ ਸਿੰਘ ਨੂੰ ਡਾਂਗਾਂ ਨਾਲ ਕੁੱਟਿਆ ਅਤੇ ਉਸ ਨਾਲ ਖਿੱਚ-ਧੂਹ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕੁੱਟਮਾਰ ਦੇ ਕਾਰਨ ਹੀ ਬਜ਼ੁਰਗ ਦੀ ਜਾਨ ਚਲੀ ਗਈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਟਾਹਲੀ ਸਾਹਿਬ ਬੱਸ ਅੱਡੇ 'ਤੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮ੍ਰਿਤਕ ਦੀ ਦੇਹ ਸੜਕ 'ਤੇ ਰੱਖ ਕੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਪਰਿਵਾਰ ਦੇ ਦੋਸ਼ਾਂ ਨੂੰ ਸਵੀਕਾਰ ਨਹੀਂ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਰਮਲ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਮੁਤਾਬਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ ਅਤੇ ਉਸੇ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਇੱਕ ਹੋਰ ਵਿਵਾਦ ਉਸ ਵੇਲੇ ਖੜ੍ਹਾ ਹੋ ਗਿਆ ਜਦੋਂ ਪਰਿਵਾਰ ਨੇ ਦੋਸ਼ ਲਗਾਇਆ ਕਿ ਧਰਨੇ 'ਤੇ ਬੈਠੇ ਨਿਰਮਲ ਸਿੰਘ ਦੇ ਅਪਾਹਿਜ ਪੁੱਤਰ ਸ਼ਮਸ਼ੇਰ ਸਿੰਘ ਨਾਲ ਵੀ ਪੁਲਿਸ ਨੇ ਕੁੱਟਮਾਰ ਕੀਤੀ। ਜਾਣਕਾਰੀ ਅਨੁਸਾਰ ਪੁਲਿਸ ਸ਼ਮਸ਼ੇਰ ਸਿੰਘ ਨੂੰ ਪੁੱਛਗਿੱਛ ਲਈ ਥਾਣੇ ਲੈ ਕੇ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ।

ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स