Gurdaspur DISHA Meeting: ਸੁਖਜਿੰਦਰ ਰੰਧਾਵਾ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Author : Sonu Samyal

ਗੁਰਦਾਸਪੁਰ: ਗੁਰਦਾਸਪੁਰ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰੀ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (DISHA) ਦੀ ਮੀਟਿੰਗ ਹੋਈ। ਮੀਟਿੰਗ ਸਥਾਨਕ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਕਰਵਾਈ ਗਈ।

ਮੀਟਿੰਗ ਦੌਰਾਨ ਐੱਮ.ਪੀ. ਲੈਡ (MPLADS) ਸਮੇਤ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕੇਂਦਰੀ ਪ੍ਰਾਯੋਜਿਤ ਯੋਜਨਾਵਾਂ ਦੇ ਲਾਗੂਕਰਨ, ਵਿਕਾਸ ਕਾਰਜਾਂ ਦੀ ਜ਼ਮੀਨੀ ਸਥਿਤੀ, ਲੰਬਿਤ ਮਾਮਲਿਆਂ ਅਤੇ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਕਿਹੜੀਆਂ ਯੋਜਨਾਵਾਂ ਦੀ ਹੋਈ ਸਮੀਖਿਆ?

Gurdaspur DISHA Meeting ਦੌਰਾਨ ਐੱਮ.ਪੀ. ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਨਰੇਗਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਮੇਤ ਕਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ, ਇੰਟੀਗ੍ਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਜੁੜੀਆਂ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਗਈ।

ਅਧਿਕਾਰੀਆਂ ਨੂੰ ਸੁਖਜਿੰਦਰ ਰੰਧਾਵਾ ਦੀਆਂ ਹਦਾਇਤਾਂ

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਜਾ ਕੇ ਮੁਆਇਨਾ ਕਰਨ ਅਤੇ ਕੰਮ ਦੀ ਗੁਣਵੱਤਾ 'ਤੇ ਖ਼ਾਸ ਧਿਆਨ ਦੇਣ ਲਈ ਕਿਹਾ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਮੀਟਿੰਗ ਵਿੱਚ ਕਿਹਾ ਗਿਆ ਕਿ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਜਾਂ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨੈਸ਼ਨਲ ਹਾਈਵੇ ਅਤੇ ਬਟਾਲਾ-ਕਾਦੀਆਂ ਰੇਲਵੇ ਲਾਈਨ ਬਾਰੇ ਵੀ ਚਰਚਾ

ਮੀਟਿੰਗ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਨੈਸ਼ਨਲ ਹਾਈਵੇ ਦੇ ਵੱਖ-ਵੱਖ ਕੰਮਾਂ ਬਾਰੇ ਵੀ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਬਟਾਲਾ-ਕਾਦੀਆਂ ਰੇਲਵੇ ਲਾਈਨ ਨਾਲ ਜੁੜੇ ਮਾਮਲੇ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਕੌਣ-ਕੌਣ ਰਿਹਾ ਮੌਜੂਦ?

ਮੀਟਿੰਗ ਵਿੱਚ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਮੇਤ DISHA ਕਮੇਟੀ ਦੇ ਮੈਂਬਰ ਸ਼ਾਮਲ ਹੋਏ।

ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਐੱਸ.ਪੀ. (ਡੀ) ਮਨੋਜ ਕੁਮਾਰ ਠਾਕੁਰ, ਡੀਐੱਸਪੀ ਸਮੀਰ ਸਿੰਘ, ਸਮੂਹ ਐੱਸ.ਡੀ.ਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਵਿਕਾਸ ਕਾਰਜਾਂ ਦੀ ਨਿਗਰਾਨੀ 'ਤੇ ਜ਼ੋਰ

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਸਾਂਸਦ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਗੱਲ ਵੀ ਕਹੀ।

Sept. 23, 2026 4:27 p.m. 43
#World News #ਜਨ ਪੰਜਾਬ #ਪੰਜਾਬ ਖ਼ਬਰਾਂ #gurdaspur news #Gurdaspur
Watch Special Video
Sponsored
Trending News