ਗੁਰਦਾਸਪੁਰ 'ਚ ‘ਰਨ ਫਾਰ ਇਕੁਐਲਿਟੀ’ ਮੈਰਾਥਨ, 700 ਨੌਜਵਾਨਾਂ ਨੇ ਦਿੱਤਾ ਸਮਾਨਤਾ ਦਾ ਸੰਦੇਸ਼

Author : Sonu Samyal

ਗੁਰਦਾਸਪੁਰ 'ਚ ‘ਰਨ ਫਾਰ ਇਕੁਐਲਿਟੀ’ ਮੈਰਾਥਨ, 700 ਨੌਜਵਾਨਾਂ ਨੇ ਦਿੱਤਾ ਸਮਾਨਤਾ ਦਾ ਸੰਦੇਸ਼

ਗੁਰਦਾਸਪੁਰ, 2 ਸਤੰਬਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਦਾਸਪੁਰ ਵਿੱਚ ਵਿਸ਼ਾਲ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਗਈ। ਮੀਂਹ ਦੇ ਬਾਵਜੂਦ ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਇਸ ਦੌੜ ਵਿੱਚ ਹਿੱਸਾ ਲਿਆ।

ਪੰਜ ਕਿਲੋਮੀਟਰ ਲੰਬੀ ਮੈਰਾਥਨ ਸ੍ਰੀ ਗੁਰੂ ਰਵਿਦਾਸ ਜੀ ਚੌਂਕ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਮੁੜ ਸ੍ਰੀ ਗੁਰੂ ਰਵਿਦਾਸ ਜੀ ਚੌਂਕ ਵਿਖੇ ਸਮਾਪਤ ਹੋਈ। ਇਸ ਦੌਰਾਨ ਕਰੀਬ 700 ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਭਾਗ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ।

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਮੈਰਾਥਨ ਦਾ ਮੁੱਖ ਉਦੇਸ਼ ਖੇਡਾਂ ਰਾਹੀਂ ਨਵੀਂ ਪੀੜ੍ਹੀ ਤੱਕ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਮੀਂਹ ਦੌਰਾਨ ਵੀ ਮੈਰਾਥਨ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਆਪਸੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।

ਮੈਰਾਥਨ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਟੀ-ਸ਼ਰਟਾਂ ਅਤੇ ਮੈਡਲ ਦਿੱਤੇ ਗਏ। ਇਸ ਤੋਂ ਇਲਾਵਾ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਅਸ਼ੋਕ ਕੁਮਾਰ, ਜ਼ਿਲ੍ਹਾ ਖੇਡ ਅਫਸਰ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ, ਇਕਬਾਲ ਸਿੰਘ ਸਮਰਾ, ਟਰੱਸਟੀ ਰਘਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ, ਸੰਦੀਪ ਕੁਮਾਰ, ਅਮਰਜੀਤ ਸਿੰਘ ਪੂਰੇਵਾਲ, ਸਪੋਰਟਸ ਕੋਆਰਡੀਨੇਟਰ ਅਨੀਤਾ, ਅਨੂੰ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Sept. 3, 2026 1:45 p.m. 22
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News