Author : Sonu Samyal
ਗੁਰਦਾਸਪੁਰ, 22 ਅਪ੍ਰੈਲ — ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਸਰਕਾਰ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਰਮਨ ਬਹਿਲ, ਸਮਸ਼ੇਰ ਸਿੰਘ (ਦੀਨਾਨਗਰ), ਐੱਸ.ਡੀ.ਐੱਮ. ਅਨੁਪ੍ਰੀਤ ਕੌਰ, ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਅਤੇ ਡਿਪਟੀ ਡਾਇਰੈਕਟਰ ਰਜਨੀਸ਼ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 61 ਲੱਖ ਮੀਟ੍ਰਿਕ ਟਨ ਤੋਂ ਵੱਧ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 7109 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨ ਇੱਕ ਰਿਕਾਰਡ 12 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਆਈ, ਜੋ ਕਿ ਇਸ ਸੀਜ਼ਨ ਦੀ ਸਭ ਤੋਂ ਵੱਡੀ ਆਮਦ ਹੈ। ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਸਾਰੇ ਲਾਜ਼ਮੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਇਸ ਸੀਜ਼ਨ ਦੌਰਾਨ 122 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਹੈ। ਮੰਤਰੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਦੌਰਾਨ ਪਿੰਡ ਬਾਹੀਆ ਦੇ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਕਣਕ ਲੈ ਕੇ ਮੰਡੀ ਪਹੁੰਚੇ ਅਤੇ ਉਸੇ ਦਿਨ ਉਨ੍ਹਾਂ ਦੀ ਫਸਲ ਦੀ ਖਰੀਦ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 24 ਘੰਟਿਆਂ ਵਿੱਚ ਭੁਗਤਾਨ ਕਰਨ ਦਾ ਵਾਅਦਾ ਵੀ ਨਿਭਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ।
ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨਾ, ਲਿਫਟਿੰਗ, ਸਫਾਈ ਅਤੇ ਪੀਣ ਵਾਲੇ ਪਾਣੀ ਸਮੇਤ ਹੋਰ ਸਹੂਲਤਾਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਗੌਰਤਲਬ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 21 ਅਪ੍ਰੈਲ ਤੱਕ 1 ਲੱਖ 69 ਹਜ਼ਾਰ 195 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ