ਮੋਗਾ ‘ਚ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵੱਲੋਂ ਥਾਣੇ ਅੱਗੇ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ

Author : Harpal Singh

ਮੋਗਾ ਜ਼ਿਲ੍ਹੇ ਦੇ ਧਰਮਕੋਟ ਹਲਕੇ ਅਧੀਨ ਪੈਂਦੇ ਪਿੰਡ ਭਿੰਡਰ ਖੁਰਦ ਵਿੱਚ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਭਿੰਡਰ ਖੁਰਦ ਦਾ ਹੀ ਵਸਨੀਕ ਸੀ। ਇਸ ਵਾਰਦਾਤ ਤੋਂ ਬਾਅਦ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਮੁਤਾਬਕ ਉਮਰਸੀਰ ਸਿੰਘ ਆਪਣੀ ਕਾਰ ਰਾਹੀਂ ਡਿਊਟੀ ਲਈ ਨਿਕਲਿਆ ਸੀ। ਜਿਵੇਂ ਹੀ ਉਹ ਘਰ ਤੋਂ ਕਰੀਬ 500 ਮੀਟਰ ਦੂਰ ਪਹੁੰਚਿਆ ਤਾਂ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਉਸ ਦੀ ਗੱਡੀ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ 10 ਤੋਂ 15 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਉਮਰਸੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਮਰਸੀਰ ਸਿੰਘ ਮੋਗਾ ਸਥਿਤ ਨੇਸਲੇ ਇੰਡੀਆ ਲਿਮਟਿਡ ਵਿੱਚ ਨੌਕਰੀ ਕਰਦਾ ਸੀ ਅਤੇ ਲੇਬਰ ਯੂਨੀਅਨ ਦਾ ਪ੍ਰਧਾਨ ਵੀ ਸੀ। ਉਹ ਰਾਜਨੀਤਿਕ ਤੌਰ ‘ਤੇ ਸਰਗਰਮ ਰਹਿੰਦਾ ਸੀ ਅਤੇ ਪਹਿਲਾਂ ਪਿੰਡ ਦਾ ਪੰਚਾਇਤ ਮੈਂਬਰ ਵੀ ਰਹਿ ਚੁੱਕਾ ਸੀ। ਸਾਲ 2025 ਵਿੱਚ ਹੋਈ ਬਲਾਕ ਸਮਿਤੀ ਚੋਣਾਂ ਦੌਰਾਨ ਉਸ ਨੇ ਆਪਣੀ ਭਾਬੀ ਵੀਰਪਾਲ ਕੌਰ ਨੂੰ ਚੋਣ ਲੜਵਾਈ ਸੀ, ਜਿਸ ਵਿੱਚ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੀ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਕਤਲ ਚੋਣੀ ਰੰਜਿਸ਼ ਦੇ ਚਲਦਿਆਂ ਕਰਵਾਇਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਮੌਜੂਦਾ ਸਰਪੰਚ ਨੇ ਰੰਜਿਸ਼ ਦੇ ਤਹਿਤ ਇਸ ਵਾਰਦਾਤ ਦੀ ਸਾਜ਼ਿਸ਼ ਰਚੀ। ਮ੍ਰਿਤਕ ਦੇ ਭਰਾ ਨੇ ਸਰਪੰਚ ‘ਤੇ ਸਿੱਧੇ ਤੌਰ ‘ਤੇ ਸਾਜ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਬਾਹਰ ਲਾਸ਼ ਰੱਖ ਕੇ ਧਰਨਾ ਦਿੱਤਾ ਅਤੇ ਇਨਸਾਫ਼ ਦੀ ਮੰਗ ਕੀਤੀ। ਧਰਨੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ।

ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ 7 ਨਾਮਜ਼ਦ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਮਾਮਲਾ ਚੋਣੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਮ੍ਰਿਤਕ ਆਪਣੇ ਪਿੱਛੇ ਦੋ ਨਾਬਾਲਗ ਬੱਚੇ ਛੱਡ ਗਿਆ ਹੈ, ਜਿਸ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Jan. 5, 2026 10:43 a.m. 43
Watch Special Video
Sponsored
Trending News