Moga Mayor Election: ਹਾਈਕੋਰਟ ਦੇ ਹੁਕਮਾਂ ਬਾਅਦ 19 ਜਨਵਰੀ ਨੂੰ ਮੇਅਰ ਚੋਣ

Author : Harpal Singh

ਮੋਗਾ ਵਿੱਚ ਮੇਅਰ ਦੀ ਚੋਣ ਨੂੰ ਲੈ ਕੇ ਵੱਡਾ ਪ੍ਰਸ਼ਾਸਕੀ ਫੈਸਲਾ ਸਾਹਮਣੇ ਆਇਆ ਹੈ। ਮਾਨਯੋਗ ਹਾਈਕੋਰਟ ਦੇ ਸਪੱਸ਼ਟ ਆਦੇਸ਼ਾਂ ਤੋਂ ਬਾਅਦ ਮੋਗਾ ਨਗਰ ਨਿਗਮ ਵਿੱਚ ਮੇਅਰ ਦੇ ਅਹੁਦੇ ਲਈ ਚੋਣ 19 ਜਨਵਰੀ ਨੂੰ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ 27 ਨਵੰਬਰ ਨੂੰ ਮੇਅਰ ਬਲਜੀਤ ਸਿੰਘ ਚੰਨੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਮੇਅਰ ਦਾ ਕਾਰਜਭਾਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ ਵੱਲੋਂ ਸੰਭਾਲਿਆ ਜਾ ਰਿਹਾ ਸੀ। ਇਸ ਦੌਰਾਨ ਕੁਝ ਪਾਰਸ਼ਦਾਂ ਨੇ ਮੇਅਰ ਦੀ ਚੋਣ ਵਿੱਚ ਹੋ ਰਹੀ ਦੇਰੀ ਖ਼ਿਲਾਫ਼ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖਟਖਟਾਇਆ।

ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ 31 ਜਨਵਰੀ ਤੋਂ ਪਹਿਲਾਂ ਮੇਅਰ ਦੀ ਚੋਣ ਲਾਜ਼ਮੀ ਤੌਰ ’ਤੇ ਕਰਵਾਈ ਜਾਵੇ। ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਹੁਣ ਨਗਰ ਨਿਗਮ ਵੱਲੋਂ 19 ਜਨਵਰੀ ਦੀ ਤਾਰੀਖ਼ ਤੈਅ ਕੀਤੀ ਗਈ ਹੈ।

ਇਹ ਵੀ ਦੱਸਣਯੋਗ ਹੈ ਕਿ ਬਲਜੀਤ ਸਿੰਘ ਚੰਨੀ ਤੋਂ ਪਹਿਲਾਂ ਨੀਤਿਕਾ ਭੱਲਾ ਮੇਅਰ ਵਜੋਂ ਅਹੁਦਾ ਸੰਭਾਲ ਰਹੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਚੰਨੀ ਨੇ ਮੇਅਰ ਦਾ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਮੋਗਾ ਨਗਰ ਨਿਗਮ ਨੂੰ ਤੀਸਰੀ ਵਾਰ ਨਵਾਂ ਮੇਅਰ ਮਿਲਣ ਜਾ ਰਿਹਾ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਜਸਪਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ 19 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਪੂਰੀ ਕਰਵਾਈ ਜਾਵੇਗੀ।

Jan. 17, 2026 1:02 p.m. 1
#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Watch Special Video
Sponsored
Trending News