Amritpal Singh Re-Arrest: NSA ਡਿਟੇਨਸ਼ਨ ਖਤਮ , ਡਿਬਰੂਗੜ੍ਹ ਵਿੱਚ ਪੰਜਾਬ ਪੁਲਿਸ ਐਕਸ਼ਨ ਲਈ ਪਹੁੰਚੀ

Amritpal Singh Re-Arrest: NSA ਡਿਟੇਨਸ਼ਨ ਖਤਮ , ਡਿਬਰੂਗੜ੍ਹ ਵਿੱਚ ਪੰਜਾਬ ਪੁਲਿਸ ਐਕਸ਼ਨ ਲਈ ਪਹੁੰਚੀ

Post by : Jan Punjab Bureau

April 22, 2026 11:36 a.m. 229

ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨੈਸ਼ਨਲ ਸਿਕਿਊਰਟੀ ਐਕਟ (NSA) ਹੇਠ ਉਨ੍ਹਾਂ ਦੀ ਡਿਟੇਨਸ਼ਨ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਸ ਮੱਦੇਨਜ਼ਰ ਪੰਜਾਬ ਪੁਲਿਸ ਦੀ ਟੀਮ ਅਸਾਮ ਦੇ ਡਿਬਰੂਗੜ੍ਹ ਸੈਂਟਰਲ ਜੇਲ੍ਹ ਪਹੁੰਚ ਚੁੱਕੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਇਸ ਵੇਲੇ ਬੰਦ ਹਨ। ਅਧਿਕਾਰੀਆਂ ਮੁਤਾਬਕ, NSA ਦੀ ਮਿਆਦ ਖਤਮ ਹੋਣ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਅਜਨਾਲਾ ਪੁਲਿਸ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੁੜ ਹਿਰਾਸਤ ਵਿੱਚ ਲਿਆ ਜਾਵੇਗਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ।

ਯਾਦ ਰਹੇ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਕਾਫੀ ਸਮੇਂ ਤੋਂ ਫਰਾਰ ਚੱਲ ਰਹੇ ਸਨ। ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਹੋਏ ਵਾਕਿਆ ਨਾਲ ਜੁੜਿਆ ਹੈ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਥਾਣੇ ਵਿੱਚ ਦਾਖ਼ਲ ਹੋ ਕੇ ਬੈਰੀਕੇਡ ਤੋੜੇ ਗਏ ਅਤੇ ਪੁਲਿਸ ਨਾਲ ਝੜਪ ਹੋਈ ਸੀ।

ਇਸ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ‘ਤੇ ਕਤਲ ਦੀ ਕੋਸ਼ਿਸ਼, ਪੁਲਿਸ ਕਰਮਚਾਰੀਆਂ ‘ਤੇ ਹਮਲਾ ਅਤੇ ਦੰਗੇ ਕਰਨ ਵਰਗੇ ਗੰਭੀਰ ਦੋਸ਼ ਲੱਗੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੇ ਮੁੱਖ ਦੋਸ਼ੀ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਜਾਂਚ ਅਤੇ ਟ੍ਰਾਇਲ ਨੂੰ ਤੇਜ਼ੀ ਮਿਲੇਗੀ।

ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਉਨ੍ਹਾਂ ਖ਼ਿਲਾਫ਼ ਹੋਰ ਮਾਮਲੇ ਦਰਜ ਹਨ। ਪਹਿਲਾਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ ਕਿ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਅਸਾਮ ਵਿੱਚ ਹੀ ਰੱਖਿਆ ਜਾਵੇ ਅਤੇ ਅਦਾਲਤੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ।

ਫਿਲਹਾਲ, ਪੰਜਾਬ ਪੁਲਿਸ ਵੱਲੋਂ ਅਗਲੀ ਕਾਰਵਾਈ ਲਈ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ NSA ਖਤਮ ਹੋਣ ਨਾਲ ਹੀ ਵੱਡੀ ਕਾਰਵਾਈ ਦੀ ਸੰਭਾਵਨਾ ਹੈ।

#World News
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स