ਪੱਛਮੀ ਏਸ਼ੀਆ ਵਿੱਚ ਤਣਾਅ ਦਰਮਿਆਨ ਮੋਦੀ–ਇਰਾਨ ਰਾਸ਼ਟਰਪਤੀ ਵਿਚਾਲੇ ਗੱਲਬਾਤ, ਭਾਰਤੀਆਂ ਦੀ ਸੁਰੱਖਿਆ ਨੂੰ ਦਿੱਤੀ ਸਭ ਤੋਂ ਵੱਧ ਤਰਜੀਹ

ਪੱਛਮੀ ਏਸ਼ੀਆ ਵਿੱਚ ਤਣਾਅ ਦਰਮਿਆਨ ਮੋਦੀ–ਇਰਾਨ ਰਾਸ਼ਟਰਪਤੀ ਵਿਚਾਲੇ ਗੱਲਬਾਤ, ਭਾਰਤੀਆਂ ਦੀ ਸੁਰੱਖਿਆ ਨੂੰ ਦਿੱਤੀ ਸਭ ਤੋਂ ਵੱਧ ਤਰਜੀਹ

Post by : Jan Punjab Bureau

March 13, 2026 3:20 p.m. 1462

ਪੱਛਮੀ ਏਸ਼ੀਆ ਵਿੱਚ ਲਗਾਤਾਰ ਵਧ ਰਹੇ ਤਣਾਅ ਅਤੇ ਜੰਗੀ ਸਥਿਤੀ ਦੇ ਮੱਦੇਨਜ਼ਰ ਭਾਰਤ ਨੇ ਸਥਿਤੀ ‘ਤੇ ਗੰਭੀਰ ਚਿੰਤਾ ਜਤਾਈ ਹੈ। ਇਸ ਸਬੰਧੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਦੇਰ ਰਾਤ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫ਼ੋਨ ਰਾਹੀਂ ਵਿਸਤ੍ਰਿਤ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਵਧ ਰਹੇ ਤਣਾਅ ਅਤੇ ਨਿਰਦੋਸ਼ ਨਾਗਰਿਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸੰਵੇਦਨਸ਼ੀਲ ਹਾਲਾਤਾਂ ਵਿੱਚ ਸੰਜਮ ਬਰਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਟਕਰਾਅ ਦਾ ਹੱਲ ਸਿਰਫ਼ ਗੱਲਬਾਤ ਅਤੇ ਕੂਟਨੀਤਿਕ ਰਸਤੇ ਰਾਹੀਂ ਹੀ ਨਿਕਲ ਸਕਦਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਸਾਰੇ ਪੱਖ ਸ਼ਾਂਤੀ ਬਣਾਈ ਰੱਖਣ ਲਈ ਸੰਵਾਦ ਦਾ ਰਸਤਾ ਅਪਣਾਉਣਗੇ।

ਗੌਰਤਲਬ ਹੈ ਕਿ 28 ਫਰਵਰੀ ਤੋਂ ਅਮਰੀਕਾ–ਇਜ਼ਰਾਈਲ ਅਤੇ ਇਰਾਨ ਵਿਚਾਲੇ ਸ਼ੁਰੂ ਹੋਏ ਟਕਰਾਅ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਉੱਚ ਪੱਧਰੀ ਆਗੂਆਂ ਵਿਚਾਲੇ ਇਹ ਪਹਿਲੀ ਸਿੱਧੀ ਗੱਲਬਾਤ ਮੰਨੀ ਜਾ ਰਹੀ ਹੈ। ਇਸ ਗੱਲਬਾਤ ਨੂੰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਰਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ ਵੀ ਵਿਸ਼ੇਸ਼ ਤੌਰ ‘ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਇਰਾਨ ਵਿੱਚ ਲਗਭਗ 9,000 ਭਾਰਤੀ ਨਾਗਰਿਕ ਰਹਿੰਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਵੱਡੀ ਗਿਣਤੀ ਮੈਡੀਕਲ ਵਿਦਿਆਰਥੀਆਂ ਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਸੁਰੱਖਿਆ ਅਤੇ ਭਲਾਈ ਭਾਰਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਭਾਰਤੀ ਦੂਤਾਵਾਸ ਵੱਲੋਂ ਇਰਾਨ ਵਿੱਚ ਰਹਿੰਦੇ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਯਤਨ ਜਾਰੀ ਹਨ। ਅਧਿਕਾਰੀਆਂ ਮੁਤਾਬਕ ਭਾਰਤੀ ਵਿਦਿਆਰਥੀਆਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਸੁਰੱਖਿਅਤ ਤਰੀਕੇ ਨਾਲ ਦੇਸ਼ ਵਾਪਸ ਲਿਆਉਣ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਊਰਜਾ ਸੁਰੱਖਿਆ ਦੇ ਮੁੱਦੇ ‘ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੌਜੂਦਾ ਤਣਾਅ ਕਾਰਨ ਜੇਕਰ ਤੇਲ ਅਤੇ ਹੋਰ ਊਰਜਾ ਸਪਲਾਈ ਵਿੱਚ ਰੁਕਾਵਟ ਆਉਂਦੀ ਹੈ ਤਾਂ ਇਸਦਾ ਪ੍ਰਭਾਵ ਸੰਸਾਰਕ ਆਰਥਿਕਤਾ ‘ਤੇ ਪੈ ਸਕਦਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਊਰਜਾ ਸਪਲਾਈ ਅਤੇ ਵਪਾਰਕ ਗਤੀਵਿਧੀਆਂ ਬਿਨਾਂ ਰੁਕਾਵਟ ਜਾਰੀ ਰਹਿਣ।

ਦੂਜੇ ਪਾਸੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀ ਇਸ ਮਾਮਲੇ ਨੂੰ ਲੈ ਕੇ ਸਰਗਰਮ ਹਨ। ਜਾਣਕਾਰੀ ਮੁਤਾਬਕ ਉਹ ਪਹਿਲਾਂ ਹੀ ਆਪਣੇ ਇਰਾਨੀ ਹਮਰੁਤਬਾ ਨਾਲ ਇਸ ਮਸਲੇ ‘ਤੇ ਤਿੰਨ ਵਾਰ ਗੱਲਬਾਤ ਕਰ ਚੁੱਕੇ ਹਨ ਅਤੇ ਖੇਤਰ ਵਿੱਚ ਸ਼ਾਂਤੀ ਕਾਇਮ ਕਰਨ ਲਈ ਕੂਟਨੀਤਿਕ ਕੋਸ਼ਿਸ਼ਾਂ ਜਾਰੀ ਹਨ।

ਵਿਸ਼ਲੇਸ਼ਕਾਂ ਦੇ ਅਨੁਸਾਰ ਭਾਰਤ ਵੱਲੋਂ ਦਿਖਾਈ ਗਈ ਇਹ ਕੂਟਨੀਤਿਕ ਸਰਗਰਮੀ ਪੱਛਮੀ ਏਸ਼ੀਆ ਵਿੱਚ ਤਣਾਅ ਘਟਾਉਣ ਅਤੇ ਉਥੇ ਰਹਿੰਦੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਵਿਦੇਸ਼ - ਦੁਨੀਆ ਦੀਆਂ ਖ਼ਬਰਾਂ अपडेट्स